Logo
Header
img

ਐਨ.ਆਰ.ਆਈ. ਵਲੋਂ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਲਈ 2 ਲੱਖ ਰੁਪਏ ਦੀ ਰਾਸ਼ੀ ਦਾਨ

ਲੁਧਿਆਣਾ, 16 ਜੂਨ (000) - ਕੈਨੇਡਾ ਵਾਸੀ ਕਰਮਜੀਤ ਸਿੰਘ ਗਰੇਵਾਲ ਵਲੋਂ ਮਹਾਰਾਜਾ ਦਲੀਪ ਸਿੰਘ ਯਾਦਗਾਰ, ਜਿਸ ਨੂੰ ਆਮ ਤੌਰ 'ਤੇ ਬੱਸੀਆਂ ਕੋਠੀ ਵਜੋਂ ਜਾਣਿਆ ਜਾਂਦਾ ਹੈ, ਦੇ ਸੁੰਦਰੀਕਰਨ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਗਰੇਵਾਲ ਨੇ ਕਿਹਾ ਕਿ ਇਸ ਯਾਦਗਾਰ ਦੀ ਇਤਿਹਾਸਕ ਮਹੱਤਤਾ ਨੂੰ ਦੇਖਦੇ ਹੋਏ ਅਤੇ ਯਾਦਗਾਰ ਨੂੰ ਸੁੰਦਰ ਬਣਾਉਣ ਵਿੱਚ ਪ੍ਰਸ਼ਾਸਨ ਦੀ ਮਦਦ ਲਈ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ ਤਾਂ ਜੋ ਨੌਜਵਾਨ ਪੀੜ੍ਹੀ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਸੇ, ਇਤਿਹਾਸ ਅਤੇ ਪਰੰਪਰਾ ਤੋਂ ਜਾਣੂੰ ਰਹੇ। ਡਿਪਟੀ ਕਮਿਸ਼ਨਰ ਵਲੋਂ ਗਰੇਵਾਲ ਦੇ ਇਸ ਨੇਕ ਕਾਰਜ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਰਾਸ਼ੀ ਨਿਸ਼ਚਿਤ ਤੌਰ 'ਤੇ ਹੋਰ ਪ੍ਰਵਾਸੀ ਭਾਰਤੀਆਂ ਨੂੰ ਵੀ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਬੱਸੀਆਂ ਕੋਠੀ ਸਿੱਖ ਵਿਰਸੇ ਦੀ 200 ਸਾਲ ਤੋਂ ਵੱਧ ਪੁਰਾਣੀ ਯਾਦਗਾਰ ਹੈ, ਜਿਸ ਨੂੰ ਆਖਰੀ ਸਿੱਖ ਮਹਾਰਾਜਾ ਸਵਰਗੀ ਮਹਾਰਾਜਾ ਦਲੀਪ ਸਿੰਘ ਦੀ ਯਾਦ ਵਿੱਚ ਯਾਦਗਾਰ ਵਜੋਂ ਵਿਕਸਤ ਕੀਤਾ ਗਿਆ ਸੀ। ਇਹ ਬੱਸੀਆਂ ਕੋਠੀ ਵਿਖੇ ਸੀ ਜਿੱਥੇ ਮਹਾਰਾਜਾ ਦਲੀਪ ਸਿੰਘ ਨੂੰ ਗ਼ੁਲਾਮੀ ਤੋਂ ਪਹਿਲਾਂ 1849 ਵਿੱਚ ਅੰਗਰੇਜ਼ਾਂ ਦੁਆਰਾ ਕੈਦ ਵਿੱਚ ਰੱਖਿਆ ਗਿਆ ਸੀ ਅਤੇ ਗ੍ਰਿਫਤਾਰ ਕੀਤਾ ਗਿਆ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬੱਸੀਆਂ ਕੋਠੀ ਨੂੰ ਅੰਤਰਰਾਸ਼ਟਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਪਹਿਲਾਂ ਹੀ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਇੱਥੇ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ।
Top